ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਪਰਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਮੂਸੇ ਵਿਖੇ ਪਹੁੰਚੇ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਭਗਵੰਤ ਮਾਨ ਨੂੰ ਚਿੱਠੀ ਦੇ ਕੇ ਅਪਣੇ ਪੁੱਤ ਦੇ ਹੋਏ ਕਤਲ ਦੇ ਮਾਮਲੇ ਵਿਚ ਇਨਸਾਫ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਵੀ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਪਿੰਡ ਮੂਸੇ ’ਚ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਪਿੰਡ ਵਾਸੀਆਂ ਨੇ ਉਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁੱਖ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਪਿੰਡ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਵਿਰੋਧ ਵਿੱਚ ਪਿੰਡ ਵਾਸੀ ਇਕੱਠੇ ਹੋ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਨਾਂ ’ਤੇ ਉਨ੍ਹਾਂ ਦੀਆਂ ਗੱਡੀਆਂ ਨੂੰ ਪਿੰਡ ’ਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ। ਪੁਲਿਸ ਨੇ ਇਸ ਤੋਂ ਇਨਕਾਰ ਕੀਤਾ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਮੂਸੇਵਾਲਾ ਦੇ ਘਰ ’ਚ ਨੇਤਾਵਾਂ ਦੀ ਆਮਦ ਸੀ। ‘ਆਪ’ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੂਸੇਵਾਲਾ ਦੇ ਘਰ ਪੁੱਜੇ ਅਤੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਪੁੱਜੇ।
ਮੂਸੇਵਾਲਾ ਦੇ ਪਿਤਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਇਸ ਕਤਲ ਕਾਂਡ ਨੂੰ ਲੈ ਕੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ ਹੈ। ਪਿੰਡ ਪੁੱਜੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਾਇਕ ਮੂਸੇਵਾਲਾ ਦੀ ਸੁਰੱਖਿਆ ਹਟਾਉਣਾ ਗਲਤ ਹੈ। ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਡਰ ਪੰਜਾਬ ਦੇ ਲੋਕ ਅੱਤਵਾਦ ਦੇ ਦੌਰ ਵਿਚ ਮਹਿਸੂਸ ਕਰਦੇ ਸਨ, ਅੱਜ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਹੀ ਡਰ ਲੋਕਾਂ ਦੇ ਮਨਾਂ ਵਿਚ ਫਿਰ ਤੋਂ ਪੈਦਾ ਹੋ ਗਿਆ ਹੈ।