ਅੰਮ੍ਰਿਤਸਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਵਾਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਵਾਲੀ ਗੱਡੀ ਦੀ ਚੈਕਿੰਗ ਕਰਨ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰਾਂ ਨੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਇੱਕ ਮੰਗ ਪੱਤਰ ਸੌਂਪਿਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਕੌਮ ਦੇ ਇਸ਼ਟ ਹਨ ਤੇ ਹਰ ਸਿੱਖ ਪਾਵਨ ਗੁਰਬਾਣੀ ਨੂੰ ਸਿਖਰਲਾ ਸਤਿਕਾਰ ਦਿੰਦਾ ਹੈ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਸਮਾਗਮ ਮੌਕੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੀ ਗੱਡੀ ਨੂੰ ਤਲਾਸ਼ੀ ਲਈ ਰੋਕਿਆ ਗਿਆ, ਜਿਹੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਤਬੇ ਤੇ ਸਤਿਕਾਰ ਦੀ ਤੌਹੀਨ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਸੋਸ਼ਲ ਮੀਡੀਆ ਉੱਤੇ ਵਾਇਰਲ ਵੀਡੀਓ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਹੈ।