ਵਿਧਾਇਕਾਂ ਨੇ ਆਪੋ-ਆਪਣੇ ਹਲਕਿਆਂ ਨਾਲ ਸਬੰਧਿਤ ਕੰਮਾਂ ’ਚ ਤੇਜ਼ੀ ਲਿਆਉਣ ਲਈ ਕਿਹਾ
15 ਦਿਨਾਂ ਬਾਅਦ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ਦੀ ਹੋਵੇਗੀ ਸਮੀਖਿਆ
ਜਲੰਧਰ (Jatinder Rawat)- ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਵਿਭਾਗਾਂ ਨਾਲ ਸਬੰਧਿਤ ਕਾਰਜਾਂ ਨੂੰ ਮਿਆਰੀ ਢੰਗ ਨਾਲ ਤੈਅ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹਰ 15 ਦਿਨਾਂ ਬਾਅਦ ਚਾਲੂ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਇਆ ਕਰੇਗਾ।
ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ, ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਅਤੇ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਮੌਜੂਦਗੀ ਵਿੱਚ ਵਿਕਾਸ ਕਾਰਜਾਂ ਦੇ ਮੌਜੂਦਾ ਪੱਧਰ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਜਾ ਰਹੀ ਬੂਟੇ ਲਗਾਉਣ ਦੀ ਮੁਹਿੰਮ ਨੂੰ ਮਗਨਰੇਗਾ ਵਲੰਟੀਅਰਾਂ ਰਾਹੀਂ ਨੇਪਰੇ ਚਾੜ੍ਹੇ ਜਾਣ ’ਤੇ ਵਿਚਾਰਾਂ ਹੋ ਚੁੱਕੀਆਂ ਹਨ ਅਤੇ ਇਸ ਕੰਮ ਨੂੰ ਤਰਜੀਹ ਦੇ ਅਧਾਰ ’ਤੇ ਸੁਚੱਜੇ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ। ਵਾਟਰ ਸਪਲਾਈ ਅਤੇ ਸੀਵਰੇਜ ਨਾਲ ਸਬੰਧਿਤ ਕਾਰਜਾਂ ਬਾਰੇ ਜਾਣਕਾਰੀ ਲੈਂਦਿਆਂ ਜਸਪ੍ਰੀਤ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਕੰਮਾਂ ਵਿੱਚ ਪੂਰੀ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਲੋੜੀਂਦੀ ਸਹੂਲਤ ਅਤੇ ਰਾਹਤ ਮੁਹੱਈਆ ਕਰਵਾਈ ਜਾ ਸਕੇ।
ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹਰ ਪ੍ਰਾਜੈਕਟ ਪੂਰੀ ਪਾਰਦਰਸ਼ਤਾ ਨਾਲ ਲਾਗੂ ਹੋਣਾ ਚਾਹੀਦਾ ਹੈ ਤਾਂ ਜੋ ਆਮ ਲੋਕਾਂ ਨੂੰ ਬਣਦੀ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਣ ਕਿ ਨਕੋਦਰ ਵਿਖੇ ਸੀਵਰੇਜ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਮੀਂਹ ਦੇ ਪਾਣੀ ਨੂੰ ਇਕੱਤਰ ਕਰਕੇ ਵਰਤੋਂ ਵਿੱਚ ਲਿਆਉਣ ਲਈ ਵੀ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਦੀ ਨਿਸ਼ਚਿਤ ਮਿਆਦ ਦੀ ਪਾਲਣਾ ਨੂੰ ਵੀ ਹਰ ਹਾਲ ਯਕੀਨੀ ਬਣਾਉਣ ਦੀ ਤਾਕੀਦ ਕੀਤੀ ਜਾਵੇ।
ਵਿਧਾਇਕ ਰਮਨ ਅਰੋੜਾ ਨੇ ਸਿੱਖਿਆ ਵਿਭਾਗ, ਸਿਹਤ ਵਿਭਾਗ ਅਤੇ ਨਗਰ ਨਿਗਮ ਜਲੰਧਰ ਨਾਲ ਸਬੰਧਿਤ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਵਲੋਂ ਕੰਮਾਂ ਨੂੰ ਪੂਰੀ ਤਰਜੀਹ ਦਿੰਦਿਆਂ ਸਮੇਂ ਸਿਰ ਨੇਪਰੇ ਚਾੜਿਆ ਜਾਵੇਗਾ। ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਸਮੂਹ ਅਧਿਕਾਰੀ ਸਮਰਪਿਤ ਭਾਵਨਾ ਨਾਲ ਕੰਮ ਕਰਦੇ ਹੋਏ ਆਪਣੇ ਵਿਭਾਗਾਂ ਨਾਲ ਸਬੰਧਿਤ ਵਿਕਾਸ ਕਾਰਜਾਂ ਨੂੰ ਨਿੱਜੀ ਦਿਲਚਸਪੀ ਲੈ ਕੇ ਸਮੇਂ-ਸਮੇਂ ਸਿਰ ਉਨ੍ਹਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ। ਵਿਧਾਇਕ ਸ਼ੀਤਲ ਅੰਗੂਰਾਲ ਨੇ ਵਿਧਾਨਸਭਾ ਹਲਕਾ ਪੱਛਮੀ ਵਿੱਚ ਲੋਕ ਨਿਰਮਾਣ ਵਿਭਾਗ ਅਤੇ ਨਗਰ ਨਿਗਮ ਨਾਲ ਸਬੰਧਿਤ ਕਾਰਜਾਂ ਵਿੱਚ ਉਚ ਅਧਿਕਾਰੀਆਂ ਨੂੰ ਲੋੜੀਂਦੀ ਸਮੀਖਿਆ ਕਰਨ ਲਈ ਕਿਹਾ ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਭੋਗਪੁਰ ਵਿੱਚ ਨਵੇਂ ਬਣੇ ਬੱਸ ਅੱਡੇ ਨੂੰ ਚਲਾਉਣ, ਐਸ.ਟੀ.ਪੀ. ਲਈ ਜ਼ਮੀਨ ਬਾਰੇ ਅੰਤਿਮ ਫ਼ੈਸਲਾ ਲੈਣ, ਫਿਲੌਰ ਹਲਕੇ ਵਿੱਚ ਬਿਜਲੀ ਵਿਭਾਗ ਨਾਲ ਸਬੰਧਿਤ ਕਾਰਜਾਂ, ਲੰਮਾ ਪਿੰਡ ਚੌਕ ਤੋਂ ਹੁਸ਼ਿਆਰਪੁਰ ਨੂੰ ਜਾਂਦੀ ਸੜਕ ਦੀ ਫੌਰੀ ਮੁਰੰਮਤ, ਸ਼ਹਿਰ ਅੰਦਰ ਭਾਰੀ ਵਾਹਨਾਂ ਦੀ ਅਵਾਜਾਈ ਸਬੰਧੀ ਨਿਰਧਾਰਿਤ ਸਮੇਂ ਨੂੰ ਇੰਨ-ਬਿੰਨ ਲਾਗੂ ਕਰਨਾ, ਸਮਾਰਟ ਸਿਟੀ ਨਾਲ ਸਬੰਧਿਤ ਕੰਮਾਂ, ਮਕਸੂਦਾਂ ਸਬਜ਼ੀ ਮੰਡੀ ਅੰਦਰ ਸਫ਼ਾਈ ਵਿਵਸਥਾ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਸਬੰਧੀ ਅਧਿਕਾਰੀਆਂ ਵਲੋਂ ਤੁਰੰਤ ਢੁਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਆਦਮਪੁਰ ਫਲਾਈ ਓਵਰ ਨਾਲ ਸਬੰਧਿਤ ਮਸਲਾ ਵੀ ਵੱਡੇ ਪੱਧਰ ’ਤੇ ਚੁੱਕਿਆ ਗਿਆ ਹੈ ਜਿਸ ਦਾ ਜਲਦ ਸਾਰਥਕ ਹੱਲ ਕੱਢਿਆ ਜਾਵੇਗਾ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਦਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਆਮ ਆਦਮੀ ਪਾਰਟੀ ਦੇ ਆਗੂ ਪ੍ਰੇਮ ਕੁਮਾਰ, ਜੀਤ ਲਾਲ ਭੱਟੀ, ਮੰਗਲ ਸਿੰਘ, ਰਾਜਵਿੰਦਰ ਕੌਰ ਆਦਿ ਮੌਜੂਦ ਸਨ।