ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਦਿੱਤੇ ਨਿਰਦੇਸ਼
ਜਲੰਧਰ, (Jatinder Rawat)- ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਜੀ ਦੇ 28 ਸਤੰਬਰ ਨੂੰ ਆ ਰਹੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਅੰਦਰ ਵੱਖ-ਵੱਖ ਸਰਗਰਮੀਆਂ ਕਰਵਾਈਆਂ ਜਾਣਗੀਆਂ ਜਿਸ ਸਬੰਧੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਸਬੰਧਿਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਵਿੱਚ ਸ਼ਹੀਦ-ਏ-ਆਜ਼ਮ ਦੇ ਜੀਵਨ ਅਤੇ ਵਿਚਾਰਾਂ ਨਾਲ ਸਬੰਧਿਤ ਪੇਂਟਿੰਗ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ ਜਾਣ ਦੇ ਨਾਲ-ਨਾਲ ਸਕੂਲਾਂ ਵਿੱਚ ਸਵੇਰ ਦੀ ਸਭਾ ਦੌਰਾਨ ਰੋਜ਼ਾਨਾ ਸ.ਭਗਤ ਸਿੰਘ ਜੀ ਦੇ ਆਦਰਸ਼ਾਂ ਨਾਲ ਸਬੰਧਿਤ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਚਾਇਤਾਂ ਦੇ ਸਹਿਯੋਗ ਨਾਲ ਪੇਂਡੂ ਖੇਤਰਾਂ ਵਿੱਚ ਵੀ ਸ਼ਹੀਦ-ਏ-ਆਜ਼ਮ ਦੇ ਜੀਵਨ ਅਤੇ ਸੰਘਰਸ਼ ਬਾਰੇ ਵੀ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇਗਾ ਤਾਂ ਜੋ ਮਹਾਨ ਸ਼ਹੀਦ ਨੂੰ ਢੁੱਕਵੀਂ ਸਰਧਾਂਜ਼ਲੀ ਦਿੱਤੀ ਜਾ ਸਕੇ।
ਜਸਪ੍ਰੀਤ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਜੀ ਨੂੰ ਸਮਰਪਿਤ ਵਿਸ਼ੇਸ਼ ਖੇਡ ਮੁਕਾਬਲੇ ਕਰਵਾਏ ਜਾਣਗੇ ਅਤੇ ਸਪੋਰਟਸ ਤੇ ਯੂਥ ਕਲੱਬਾਂ ਰਾਹੀਂ ਸ਼ਹੀਦਾਂ ਬਾਰੇ ਲੋਕਾਂ ਨੂੰ ਮਹੱਤਵਪੂਰਨ ਜਾਣਕਾਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਸ਼ਹਿਰੀ ਖੇਤਰਾਂ ਵਿੱਚ ਰਿਹਾਇਸ਼ੀ ਕਮੇਟੀਆਂ ਨਾਲ ਤਾਲਮੇਲ ਕਰਕੇ ਸ.ਭਗਤ ਸਿੰਘ ਜੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣਗੇ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਪੰਜਾਬ ਦੇ ਮੁੱਖ ਸਕੱਤਰ ਵੀ.ਕੇ.ਜੰਜੂਆ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮਾਂ ਬਾਰੇ ਰੱਖੀ ਵੀਡੀਓ ਕਾਨਫਰੰਸ ਵਿੱਚ ਵੀ ਹਿੱਸਾ ਲਿਆ।