23 ਮਾਰਚ ਨੂੰ ਸ਼ਹੀਦੀ ਦਿਵਸ ਮੌਕੇ ਫਿਰੋਜ਼ਪੁਰ ਤੋਂ ਦਿੱਲੀ ਲਈ ਸਰਕਾਰੀ ਵੋਲਵੋ ਬੱਸ ਸੇਵਾ ਸ਼ੁਰੂ ਹੋਣ ਦੀ ਉਮੀਦ
ਫਿਰੋਜ਼ਪੁਰ, (ਹਰਜਿੰਦਰ ਸਿੰਘ)ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਸ੍ਰੀ ਰਜਨੀਸ਼ ਦਹੀਆ ਵਲੋਂ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਤੋਂ ਦਿੱਲੀ ਏਅਰਪੋਰਟ ਲਈ ਸਰਕਾਰੀ ਵੋਲਵੋ ਬੱਸ ਸੇਵਾ ਸ਼ੁਰੂ ਕਰਨ ਦੀ ਮੰਗ ਨੁੰ ਲੈ ਕੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨਾਲ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ ਅਤੇ ਮੰਗ ਪੱਤਰ ਸੌਂਪਿਆ ਗਿਆ ਵਿਧਾਇਕ ਸ੍ਰੀ ਰਜਨੀਸ਼ ਦਹੀਆ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਤੋਂ ਦਿੱਲੀ ਲਈ ਸਰਕਾਰੀ ਵੋਲਵੋ ਬੱਸ ਸੇਵਾ ਨੂੰ ਚਲਾਉਣ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ ਕਿਉਂਕਿ ਲੋਕਾਂ ਨੂੰ ਮਹਿੰਗੇ ਮੁੱਲ ਦੀਆਂ ਟਿਕਟਾਂ ਲੈ ਕੇ ਪ੍ਰਾਈਵੇਟ ਬੱਸਾਂ ਰਾਹੀਂ ਦਿੱਲੀ ਏਅਰਪੋਰਟ ਤੱਕ ਜਾਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਪ੍ਰਵਾਸੀ ਭਾਰਤੀ ਹਨ ਅਤੇ ਵੱਡੀ ਗਿਣਤੀ ਵਿੱਚ ਰੋਜ਼ਾਨਾ ਹੀ ਸਵਾਰੀਆਂ ਪ੍ਰਾਈਵੇਟ ਬੱਸਾਂ ਰਾਹੀਂ ਮਹਿੰਗੇ ਮੁੱਲ ਦੀਆਂ ਟਿਕਟਾਂ ਲੈ ਕੇ ਦਿੱਲੀ ਏਅਰਪੋਰਟ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਉਨ੍ਹਾਂ ਦੇ ਇਲਾਕੇ ਸਬੰਧੀ ਮੰਗ ਨੂੰ ਪੂਰੇ ਧਿਆਨ ਨਾਲ ਸੁਣਿਆ ਤੇ ਵਿਸ਼ਵਾਸ ਦਵਾਇਆ ਕਿ ਜਲਦੀ ਹੀ ਫਿਰੋਜ਼ਪੁਰ ਤੋਂ ਦਿੱਲੀ ਏਅਰਪੋਰਟ ਲਈ ਸਰਕਾਰੀ ਵੋਲਵੋ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਸ੍ਰੀ ਦਹੀਆ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਸ ਬੱਸ ਸੇਵਾ ਨੂੰ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸ਼ਹੀਦੀ ਦਿਵਸ ਤੇ 23 ਮਾਰਚ ਨੂੰ ਹਰੀ ਝੰਡੀ ਦੈ ਕੇ ਰਵਾਨਾ ਕਰਨਗੇ।