ਸਰਕਾਰੀ ਸਕੂਲਾਂ ਅਤੇ ਏਅਰਪੋਰਟ ਰੋਡ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ
ਅੰਮ੍ਰਿਤਸਰ (ਸੋਨੂੰ ਮਿਗਲਾਨੀ): –ਸ: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਤਰਜੀਹ ਦੇ ਰਹੀ ਹੈ ਤਾਂ ਜੋ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਲਈ ਵੱਖ ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ/ਅਧਿਆਪਕਾਂ ਨੂੰ ਸਿੰਗਾਪੁਰ ਵਿਖੇ ਟ੍ਰੇਨਿੰਗ ਲਈ ਵੀ ਭੇਜਿਆ ਗਿਆ ਸੀ ਤਾਂ ਜੋ ਉਸ ਤਰ੍ਹਾਂ ਦਾ ਮਾਹੌਲ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਣਾਇਆ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਨਵੇਂ ਤਕਨੀਕੀ ਢੰਗਾਂ ਨਾਲ ਸਿਖਿਆ ਪ੍ਰਦਾਨ ਕਰਵਾਈ ਜਾ ਸਕੇ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਜਿਲ੍ਹੇ ਦੇ ਚਾਰ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛੇਹਰਟਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਰਾਗੜ੍ਹ, ਸਰਕਾਰੀ ਸਕੂਲ ਲੜਕੀਆਂ ਜੰਡਿਆਲਾ ਗੁਰੂ ਅਤੇ ਏਅਰਪੋਰਟ ਰੋਡ ਦਾ ਦੌਰਾ ਕਰਨ ਉਪਰੰਤ ਕੀਤਾ। ਉਨਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵਲੋਂ ਵੱਖ-ਵੱਖ ਸਕੂਲਾਂ ਅਤੇ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਵਿਕਾਸ ਕਾਰਜ ਤੇਜੀ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਨੂੰ ਮੁੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਨਾਂ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ।